ਜ਼ਿਲ੍ਹੇ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 568146 ਮੀਟਰਕ ਟਨ ਝੋਨੇ ਦੀ ਕੀਤੀ ਗਈ ਖ਼ਰੀਦ - ਡੀ.ਸੀ.

ਜ਼ਿਲ੍ਹੇ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 568146 ਮੀਟਰਕ ਟਨ ਝੋਨੇ ਦੀ ਕੀਤੀ ਗਈ ਖ਼ਰੀਦ - ਡੀ.ਸੀ.
  • - 323533 ਮੀਟਰਕ ਝੋਨੇ ਦੀ ਹੋ ਚੁੱਕੀ ਹੈ ਲਿਫਟਿੰਗ
  • - ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਗਈ 750 ਕਰੋੜ ਦੀ ਅਦਾਇਗੀ
  • - ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਫਿਰੋਜ਼ਪੁਰ 26 ਅਕਤੂਬਰ: 

            ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ। ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੀ ਗਈ ਫਸਲ ਉਸੇ ਦਿਨ ਹੀ ਖ਼ਰੀਦ ਕਰ ਕੇ ਕਿਸਾਨਾਂ ਨੂੰ ਫਾਰਗ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਅੰਮ੍ਰਿਤ ਸਿੰਘ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ ਆਈ ਫਸਲ ਦਾ 98.10 ਫੀਸਦੀ ਹਿੱਸਾ ਖਰੀਦਿਆ ਜਾ ਚੁੱਕਾ ਅਤੇ ਜਦਕਿ ਕਿਸਾਨਾਂ ਦੇ ਖਾਤਿਆਂ ਵਿੱਚ 750.30 ਕਰੋੜ ਰੁਪਏ ਦੀ ਰਾਸ਼ੀ ਤਬਦੀਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 579130 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 568146 ਮੀਟਰਕ ਟਨ ਝੋਨਾ ਵੱਖ-ਵੱਖ ਖ਼ਰੀਦ ਏਜੰਸੀਆਂ ਰਾਹੀਂ ਖ਼ਰੀਦਿਆ ਜਾ ਚੁੱਕਾ ਹੈ ਅਤੇ 323533 ਮੀਟਰਕ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

            ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ ਕਲ ਸ਼ਾਮ ਤੱਕ 201782 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਇਸੇ ਤਰ੍ਹਾਂ ਮਾਰਕਫ਼ੈੱਡ ਵਲੋਂ 161217 ਮੀਟਰਕ ਟਨ, ਪਨਸਪ ਵਲੋਂ 119901 ਮੀਟਰਕ ਟਨ, ਪੀ.ਐਸ.ਡਬਲਿਯੂ.ਸੀ. ਵਲੋਂ 83969 ਮੀਟਰਕ ਟਨ, ਪ੍ਰਾਈਵੇਟ ਟਰੇਡਰਜ਼ ਵਲੋਂ 1277 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। 

            ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਝੋਨਾ ਵੇਚਣ ਲਈ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪੰਜਾਬ ਸਰਕਾਰ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਕਰਕੇ ਰਹਿੰਦ-ਖੂਹੰਦ ਨੂੰ ਖੇਤ ਵਿੱਚ ਹੀ ਵਾਹ ਕੇ ਨਿਪਟਾਰਾ ਕਰਨ ਅਤੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।