ਜ਼ਿਲ੍ਹਾ ਪ੍ਰਸ਼ਾਸ਼ਨ 10 ਅਪ੍ਰੈਲ ਤੋਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਹੋਇਆ ਪੱਬਾਂ ਭਾਰ
ਪਾਸ ਪ੍ਰਣਾਲੀ ਰਾਹੀਂ ਮੰਡੀ ਵਿੱਚ ਕਿਸਾਨਾਂ ਦੀ ਭੀੜ ਨੂੰ ਘਟਾਉਣ, ਖਰੀਦ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣ ਵਿੱਚ ਮਿਲੇਗੀ ਮਦਦ
ਲੁਧਿਆਣਾ: ਕੋਰੋਨਾ ਮਹਾਂਮਾਰੀ ਕਾਰਨ ਮੌਜੂਦਾ ਹਾਲਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੱਬਾਂ ਭਾਰ ਹੋ ਗਿਆ ਹੈ।
ਬਚਤ ਭਵਨ ਵਿਖੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਉਨ੍ਹਾਂ ਕਿਹਾ ਕਿ ਅਨਾਜ ਦੀ ਖਰੀਦ ਸਮੇਂ ਕਿਸਾਨਾਂ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਹੋਈ 8.99 ਲੱਖ ਮੀਟ੍ਰਿਕ ਟਨ ਦੀ ਖਰੀਦ ਦੇ ਮੁਕਾਬਲੇ ਮੌਜੂਦਾ ਮਾਰਕੀਟਿੰਗ ਸੀਜ਼ਨ ਵਿਚ ਅਨਾਜ ਮੰਡੀਆਂ ਵਿਚ 9.00 ਲੱਖ ਮੀਟ੍ਰਿਕ ਟਨ ਦੀ ਉਮੀਦ ਹੈ।
ਸ੍ਰੀ ਸ਼ਰਮਾ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵੇਲੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖਰੀਦ ਤੋਂ ਇਲਾਵਾ ਅਨਾਜ ਦੀ ਢੁੱਕਵੀਂ ਆਵਾਜਾਈ ਅਤੇ ਭੰਡਾਰ ਲਈ ਇਕ ਸੁਚਾਰੂ ਵਿਧੀ ਤਿਆਰ ਕੀਤੀ ਗਈ ਹੈ।
ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਕਣਕ ਦੀ ਖਰੀਦ ਕਾਰਜਾਂ ਦੀ ਨਿਗਰਾਨੀ ਕਰਨ ਦੀ ਹਦਾਇਤ ਕੀਤੀ ਤਾਂ ਜੋ ਖਰੀਦ ਦੇ ਨਿਰਧਾਰਤ ਹਿੱਸੇ ਅਨੁਸਾਰ ਕਣਕ ਦੀ ਤੁਰੰਤ ਅਤੇ ਨਿਰਵਿਘਨ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ।
ਸ੍ਰੀ ਸ਼ਰਮਾ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਹਰੇਕ ਖਰੀਦ ਕੇਂਦਰ ਵਿੱਚ ਕਣਕ ਦੀ ਗੁਣਵੱਤਾ ਦੀ ਨਿਗਰਾਨੀ ਲਈ ਲੋੜੀਂਦੇ ਉਪਕਰਣ, ਬਿਜਲੀ, ਸ਼ੈਡਾਂ, ਕਿਸਾਨਾਂ ਲਈ ਸ਼ੈੱਡ, ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਦੇ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਮਹਾਂਮਾਰੀ ਦੇ ਮੱਦੇਨਜ਼ਰ ਅਨਾਜ ਦੀ ਖਰੀਦ ਲਈ ਜ਼ਿਲ੍ਹੇ ਵਿੱਚ 107 ਪ੍ਰਮਾਣਿਤ ਅਨਾਜ ਮੰਡੀਆਂ ਹਨ ਅਤੇ 294 ਆਰਜ਼ੀ ਯਾਰਡ ਸਥਾਪਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਨਾਲ ਪਿਛਲੇ ਸਾਲ ਲਾਗੂ ਕੀਤੀ ਪਾਸ ਪ੍ਰਣਾਲੀ ਰਾਹੀਂ ਇੱਕ ਪਾਸੇ ਮੰਡੀ ਵਿੱਚ ਕਿਸਾਨਾਂ ਦੀ ਭੀੜ ਨੂੰ ਘਟਾਉਣ ਅਤੇ ਦੂਜੇ ਪਾਸੇ ਖਰੀਦ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣ ਵਿੱਚ ਵੀ ਮਦਦ ਮਿਲੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਨਾਜ ਦੀ ਖਰੀਦ ਦੇ ਨਾਲ ਨਾਲ ਕੋਰੋਨਾ ਮਹਾਂਮਾਰੀ ਦੇ ਫੈਲਣ ਨੂੰ ਰੋਕਣਾ ਵੀ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਖੁਰਾਕ ਉਤਪਾਦਕਾਂ ਦੇ ਸੁਨਹਿਰੀ ਦਾਣਿਆਂ ਦੀ ਖਰੀਦ ਕੀਤੀ ਜਾਵੇਗੀ ਅਤੇ ਹਰ ਹੀਲੇ ਲਿਫਟਿੰਗ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਸ.ਦਵਿੰਦਰ ਸਿੰਘ, ਡੀ.ਐਫ.ਐਸ.ਸੀ. ਸ. ਸੁਖਵਿੰਦਰ ਸਿੰਘ ਅਤੇ ਹਰਵੀਨ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।