ਫ਼ਿਰੋਜ਼ਪੁਰ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ- ਡਿਪਟੀ ਕਮਿਸ਼ਨਰ

199 ਮੰਡੀਆਂ  ਵਿੱਚ ਕੀਤੀ ਜਾਵੇਗੀ ਕਣਕ ਦੀ ਖਰੀਦ

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਆਈ.ਏ.ਐੱਸ ।

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਇਸ ਸਾਲ ਕਣਕ ਦੇ ਸੀਜ਼ਨ ਦੌਰਾਨ 199 ਮੰਡੀਆਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਇਸ ਸੀਜ਼ਨ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਵਿਚੋਂ 8.40 ਲੱਖ ਮੀਟਰਕ ਟਨ ਕਣਕ ਦੀ ਖ਼ਰੀਦ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਆਈ.ਏ.ਐੱਸ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖ਼ਰੀਦ ਕੇਂਦਰਾਂ ਵਿੱਚ  ਕਣਕ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਐਫ.ਸੀ.ਆਈ., ਪੰਜਾਬ ਐਗਰੋ, ਪਨਗਰੇਨ, ਵੇਅਰ ਹਾਊਸ, ਮਾਰਕਫੈੱਡ ਅਤੇ ਪਨਸਪ ਵੱਲੋਂ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਇਸ ਵਾਰ ਕਣਕ ਦੀ ਸਰਕਾਰੀ ਖ਼ਰੀਦ ਲਈ ਵੱਧ ਤੋਂ ਵੱਧ ਨਮੀ ਦੀ ਮਾਤਰਾ 12 ਫ਼ੀਸਦੀ ਹੈ ਅਤੇ ਕਣਕ ਦਾ ਸਰਕਾਰੀ ਭਾਅ 1925 ਰੁਪਏ ਪ੍ਰਤੀ ਕੁਇੰਟਲ ਹੈ।
ਉਨ੍ਹਾਂ ਦੱਸਿਆ ਕਿ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਲਿਫ਼ਟਿੰਗ, ਬਾਰਦਾਨੇ ਅਤੇ ਢੁਆਈ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਕੰਮ ਵਿਚ ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਈਨਾਂ ਨਾਲ ਕਣਕ ਦੀ ਕਟਾਈ ਨਾ ਕਰਨ ਅਤੇ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਮੰਡੀਆਂ ਵਿਚ ਭੀੜ ਤੋਂ ਬਚਣ ਲਈ ਕਿਸਾਨਾਂ ਨੂੰ ਕਰਫਿਊ ਪਾਸ ਦਿੱਤੇ ਜਾਣਗੇ ਅਤੇ ਜਿਸ ਕਿਸਾਨ  ਕੋਲ ਕਰਫਿਊ ਪਾਸ ਹੋਵੇਗਾ ਸਿਰਫ ਉਸ ਨੂੰ ਹੀ ਕਣਕ ਮੰਡੀ ਵਿਚ ਲਿਆਉਣ ਦਿੱਤੀ ਜਾਵੇਗੀ।