ਮਾਲੇਰਕੋਟਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 60 ਹਜ਼ਾਰ ਮੀਟ੍ਰਿਕ ਟਨ ਤੋਂ ਹੋਈ ਪਾਰ
ਮਾਲੇਰਕੋਟਲਾ 26 ਅਕਤੂਬਰ, 2023: ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 46 ਮੰਡੀਆਂ ਵਿੱਚੋ ਕੇਵਲ 41 ਮੰਡੀਆਂ ਵਿੱਚ ਝੋਨੇ ਦੀ ਆਮਦ ਹੋਈ ਹੈ 06 ਮੰਡੀਆਂ ਵਿੱਚ ਜਲਦ ਹੀ ਆਮਦ ਹੋਣ ਦੀ ਆਸ ਪ੍ਰਗਟਾਈ । ਉਨ੍ਹਾਂ ਦੱਸਿਆ ਕਿ ਪਿਛਲੇ ਦਿਨ(25 ਅਕਤੂਬਰ 2023) ਤੱਕ ਮੰਡੀਆਂ ਵਿੱਚ 60 ਹਜ਼ਾਰ 516 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਤੇ ਇਸ ਵਿਚੋਂ 58 ਹਜ਼ਾਰ 440 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੀ ਜਿਨਸ ਦੀ 01 ਕਰੋੜ 04 ਲੱਖ 53 ਹਜ਼ਾਰ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗ੍ਰੇਨ ਵੱਲੋਂ 29935 ਮੀਟਰਿਕ ਟਨ, ਮਾਰਕਫੈੱਡ ਵੱਲੋਂ 16660 ਮੀਟਰਿਕ ਟਨ, ਪਨਸਪ ਵੱਲੋਂ 6615 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 5167 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ ਨਿਰਧਾਰਿਤ ਟੀਚਿਆਂ ਅਧੀਨ ਹੀ ਖ਼ਰੀਦ ਕੀਤੀ ਜਾ ਰਹੀ ਹੈ ।
ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖ਼ਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖ਼ਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਫ਼ਸਲਾਂ ਲਈ ਲਾਭਦਾਇਕ ਕੀੜੇ ਵੀ ਮਰ ਜਾਂਦੇ ਹਨ
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਸਾਨੂੰ ਸਭ ਨੂੰ ਰਲਕੇ ਹੰਭਲਾ ਮਾਰਨਾ ਹੋਵੇਗਾ, ਇਸ ਲਈ ਕਿਸਾਨ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ।