ਭਾਰਤ ਭੂਸ਼ਣ ਆਸ਼ੂ ਵੱਲੋਂ ਬੁੱਢੇ ਨਾਲੇ ਦੇ ਕਾਇਆ ਕਲਪ ਲਈ ਚੱਲ ਰਹੇ ਕਾਰਜ਼ਾਂ ਦੀ ਕੀਤੀ ਸਮੀਖਿਆ
ਅਧਿਕਾਰੀਆਂ ਨੂੰ ਪ੍ਰਾਜੈਕਟ ਦੀ ਰਫਤਾਰ 'ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਲੁਧਿਆਣਾ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਬੁੱਢੇ ਨਾਲੇ ਦੇ ਚੱਲ ਰਹੇ ਕਾਇਆ ਕਲਪ ਪ੍ਰਾਜੈਕਟ, ਬੁੱਢੇ ਨਾਲੇ ਦੇ ਨਾਲ ਲੱਗਦੀ ਜ਼ਮੀਨ ਨੂੰ ਕਬਜ਼ਾ ਮੁਕਤ ਕਰਾਉਣ ਲਈ ਵਿੱਢੀ ਗਈ ਮੁਹਿੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਸ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਕੱਲ੍ਹ ਅਧਿਕਾਰੀਆਂ ਦੀ ਟੀਮ ਦੇ ਨਾਲ ਬੁੱਢੇ ਨਾਲੇ ਦੇ ਆਸ ਪਾਸ ਵੱਖ-ਵੱਖ ਥਾਵਾਂ ਦਾ ਦੌਰਾ ਕਰਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਦੇ ਨਾਲ ਲਗਭਗ 3 ਕਿਲੋਮੀਟਰ ਦੇ ਖੇਤਰ ਨੂੰ ਕਬਜ਼ਾ ਮੁਕਤ ਕਰਵਾ ਲਿਆ ਗਿਆ ਹੈ ਅਤੇ ਬਾਕੀ ਹਿੱਸਾ ਵੀ ਜਲਦ ਤੋਂ ਜਲਦ ਖਾਲੀ ਕਰਵਾ ਲਿਆ ਜਾਵੇਗਾ। ਸ੍ਰੀ ਆਸ਼ੂ ਨੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਨੂੰ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰਾਜੈਕਟ ਤਹਿਤ ਜਾਲ ਲਗਾਉਣ, ਪੌਦੇ ਲਗਾਉਣ, ਸੀਵਰੇਜ ਟਰੀਟਮੈਂਟ ਪਲਾਂਟ ਅਤੇ ਹੋਰ ਸਾਰੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਵੀ ਕਿਹਾ।
ਉਨ੍ਹਾਂ ਲੁਧਿਆਣਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਬੁੱਢਾ ਦਰਿਆ ਦੇ ਪਾਣੀ ਨੂੰ ਸਾਫ ਹੋਣ ਦੇ ਨਾਲ-ਨਾਲ ਸੁੰਦਰੀਕਰਨ ਦਾ ਵੀ ਖਾਸ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਦੇ ਲਗਭਗ 14 ਕਿਲੋਮੀਟਰ ਲੰਬੇ ਹਿੱਸੇ ਦੀ ਸਫਾਈ ਕਰਨਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪ੍ਰਮੁੁੱਖ ਪ੍ਰਾਜੈਕਟਾਂ ਵਿਚੋਂ ਇਕ ਹੈ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਇਸ ਪ੍ਰਾਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਚਲਾਇਆ ਜਾ ਰਿਹਾ ਹੈ ਅਤੇ ਇਸ ਪ੍ਰਾਜੈਕਟ ਲਈ ਇਸਤੇਮਾਲ ਹੋਣ ਵਾਲੇ ਜਨਤਕ ਫੰਡਾਂ ਦੇ ਇਕ ਪੈਸੇ ਦੀ ਵੀ ਦੁਰਵਰਤੋਂ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਜੁਆਇੰਟ ਕਮਿਸ਼ਨਰ ਸ.ਕੁਲਪ੍ਰੀਤ ਸਿੰਘ, ਸੁਪਰਡੈਂਟ ਇੰਜੀਨੀਅਰ ਸ.ਰਜਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਸ.ਜੀ.ਪੀ. ਸਿੰਘ, ਸ.ਰਣਬੀਰ ਸਿੰਘ, ਜ਼ਿਲ੍ਹਾ ਟਾਊਨ ਪਲਾਨਰ ਮੋਨਿਕਾ ਆਨੰਦ, ਸਹਾਇਕ ਟਾਊਨ ਪਲਾਨਰ ਮੋਹਨ ਸਿੰਘ, ਉਦਯੋਗਪਤੀ ਰਜਤ ਸੂਦ, ਹਰੀਸ਼ ਦੂਆ ਅਤੇ ਰਾਹੁਲ ਵਰਮਾ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ।