ਸੀ. ਬੀ. ਐਸ. ਈ ਨਾਲ ਸਬੰਧਤ ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਬੰਦ ਦੇ ਹੁਕਮਾਂ ਤੋਂ ਛੋਟ

ਨਵਾਂਸ਼ਹਿਰ:ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਵੱਲੋਂ ਮਿਤੀ 31 ਮਾਰਚ 2021 ਰਾਹੀਂ ਕੀਤੇ ਹੁਕਮਾਂ ਦੇ ਸਨਮੁੱਖ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਮਿਤੀ 10 ਅਪ੍ਰੈਲ 2021 ਤੱਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਮਿਤੀ 10 ਅਪ੍ਰੈਲ 2021 ਤੱਕ ਤੱਕ ਜ਼ਿਲੇ ਦੇ ਸਮੂਹ ਵਿੱਦਿਅਕ ਸੰਸਥਾਵਾਂ ਨੂੰ ਵੀ ਬੰਦ ਰੱਖਣ ਦੇ ਹੁਕਮ ਕੀਤੇ ਗਏ ਸਨ। ਹੁਣ ਸਿਟੀ ਕੋਆਰਡੀਨੇਟਰ, ਸੀ. ਬੀ. ਐਸ. ਈ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੱਤਰ ਰਾਹੀਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸੀ. ਬੀ. ਐਸ. ਈ ਨਾਲ ਸਬੰਧਤ ਸਕੂਲਾਂ ਵਿਚ ਪ੍ਰੈਕਟੀਕਲ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ। ਇਸ ਲਈ ਉਕਤ ਪ੍ਰੀਿਖਿਅਵਾਂ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਮਿਤੀ 5 ਅਪ੍ਰੈਲ 2021 ਤੋਂ 10 ਅਪ੍ਰੈਲ 2021 ਤੱਕ ਸੀ. ਬੀ. ਐਸ. ਈ ਨਾਲ ਸਬੰਧਤ ਸਕੂਲਾਂ ਨੂੰ 31 ਮਾਰਚ 2021 ਰਾਹੀਂ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਸਬੰਧੀ ਹੁਕਮਾਂ ਤੋਂ ਛੋਟ ਦੇਣ ਦੇ ਹੁਕਮ ਜਾਰੀ ਕੀਤੇ ਹਨ। ਇਹ ਛੋਟ ਸਬੰਧਤ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਪੇਪਰਾਂ ਵਾਲੇ ਦਿਨ ਪੇਪਰਾਂ ਵਿਚ ਅਪੀਅਰ ਹੋਣ ਅਤੇ ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਕੰਡਕਟ ਕਰਵਾਉਣ ਹਿੱਤ ਦਿੱਤੀ ਗਈ ਹੈ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਾਰੇ ਸਮੂਲ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ/ਸ਼ਡਿਊਲ ਸਕੂਲਾਂ ਦੇ ਨੋਟਿਸ ਬੋਰਡਾਂ ’ਤੇ ਡਿਸਪਲੇ ਕਰਨ ਦੇ ਪਾਬੰਦ ਹੋਣਗੇ। ਇਸ ਤੋਂ ਇਲਾਵਾ ਸਕੂਲਾਂ ਦੇ ਪ੍ਰਬੰਧਕਾਂ/ਪਿ੍ਰੰਸੀਪਲਾਂ/ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪ੍ਰੀਖਿਆਵਾਂ ਦੌਰਾਨ ਕੋਵਿਡ-19 ਨਾਲ ਸਬੰਧਤ ਕੇਂਦਰ/ਰਾਜ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਸੋਸ਼ਲ ਡਿਸਟੈਂਸਿੰਗ ਅਤੇ ਸੈਨੀਟਾਈਜ਼ੇਸ਼ਨ ਆਦਿ ਦਾ ਢੁਕਵਾਂ ਪ੍ਰਬੰਧ ਆਪਣੇ ਪੱਧਰ ’ਤੇ ਕਰਨਾ ਯਕੀਨੀ ਬਣਾਇਆ ਜਾਵੇ।