ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ ਨੇ ਹਲਕੇ ਦੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਕਿਸੇ ਨੂੰ ਵੀ ਰਾਸ਼ਨ ਅਤੇ ਖਾਣ-ਪੀਣ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ
ਫਿਰੋਜ਼ਪੁਰ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਕਰਫ਼ਿਊ ਦੌਰਾਨ ਜ਼ਰੂਰਤਮੰਦਾਂ ਅਤੇ ਲੋੜਵੰਦਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾਉਣ ਲਈ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਤਾਰ ਕੰਮ ਜਾਰੀ ਹੈ। ਇਸੇ ਲੜੀ ਤਹਿਤ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀਮਤੀ ਸਤਕਾਰ ਕੌਰ ਗਹਿਰੀ ਦੇ ਪਤੀ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰ: ਜਸਮੇਲ ਸਿੰਘ ਲਾਡੀ ਗਹਿਰੀ ਵੱਲੋਂ ਆਪਣੇ ਹਲਕੇ ਦੇ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆ ਗਿਆ।
ਸ੍ਰ: ਜਸਮੇਲ ਸਿੰਘ ਲਾਡੀ ਗਹਿਰੀ ਨੇ ਕਿਹਾ ਕਿ ਵਰਤਮਾਨ ਸਮੇਂ ਅੰਦਰ ਦੇਸ਼ ਸੰਕਟ ਦੀ ਘੜੀ 'ਚ ਲੰਘ ਰਿਹਾ ਹੈ। ਕੋਰੋਨਾ ਨੂੰ ਹਰਾਉਣ ਲਈ ਸਾਡਾ ਘਰਾਂ 'ਚ ਰਹਿਣਾ ਜ਼ਰੂਰੀ ਹੈ, ਉਨ੍ਹਾਂ ਕਿਹਾ ਕਿ ਹਰੇਕ ਲੋੜੀਂਦੇ ਪਰਿਵਾਰ ਤੱਕ ਕਰਫ਼ਿਊ ਦੇ ਸਮੇਂ ਦੌਰਾਨ ਜ਼ਰੂਰੀ ਰਾਸ਼ਨ ਸਮਗਰੀ ਪਹੁੰਚੇ ਇਸ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਉਨ੍ਹਾਂ ਵੱਲੋਂ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਰਾਸ਼ਨ ਦਾ ਜ਼ਰੂਰੀ ਸਮਾਨ ਜਿਵੇਂ ਕਿ ਖੰਡ, ਦਾਲ, ਆਟਾ ਤੇਲ ਆਦਿ ਵੰਡਿਆ ਗਿਆ ਹੈ ਤਾਂ ਜੋ ਕਿਸੇ ਵੀ ਗ਼ਰੀਬ ਅਤੇ ਦਿਹਾੜੀਦਾਰ ਨੂੰ ਖਾਣ-ਪੀਣ ਨੂੰ ਲੈ ਕੇ ਕੋਈ ਦਿੱਕਤ ਨਾ ਆਵੇ।
ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫ਼ਿਊ ਸਮੇਂ ਦੌਰਾਨ ਆਪਣੇ ਘਰਾਂ ਵਿਚ ਹੀ ਬਣੇ ਰਹਿਣ ਅਤੇ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਨਾ ਕਰਨ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਕਿਸੇ ਨੂੰ ਵੀ ਰਾਸ਼ਨ ਅਤੇ ਖਾਣ-ਪੀਣ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਪਰ ਤੁਹਾਡਾ ਵੀ ਫ਼ਰਜ਼ ਬਣਦਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਤਾਂ ਜੋ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ।