ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਜ਼ਿਲਾ ਵਾਸੀ-ਡਾ. ਸ਼ੇਨਾ ਅਗਰਵਾਲ
ਡਿਪਟੀ ਕਮਿਸ਼ਨਰ ਨੇ ਨਸ਼ਾ ਮੁਕਤ ਅਭਿਆਨ ਤਹਿਤ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਜਾਰੀ
ਨਵਾਂਸ਼ਹਿਰ:ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲਾ ਪੱਧਰੀ ‘ਨਸ਼ਾ ਮੁਕਤ ਅਭਿਆਨ ਕਮੇਟੀ’ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਜ਼ਿਲਾ ਵਾਸੀਆਂ ਨੂੰ ਅਪੀਲ ਜਾਰੀ ਕੀਤੀ ਗਈ। ਡਿਪਟੀ ਕਮਿਸ਼ਨਰ, ਜਿਹੜੇ ਕਿ ਨਸ਼ਾ ਮੁਕਤ ਅਭਿਆਨ ਕਮੇਟੀ ਦੇ ਚੇਅਰਪਰਸਨ ਵੀ ਹਨ, ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਜਿਹੜੇ ਸਾਡੇ ਭੈਣ-ਭਰਾ ਕਿਸੇ ਵੀ ਕਿਸਮ ਦੇ ਨਸ਼ੇ ਦੇ ਆਦੀ ਹਨ, ਉਨਾਂ ਨੂੰ ਨਸ਼ਾ ਛੱਡਣ ਲਈ ਪ੍ਰਰਿਤ ਕਰਨ। ਉਨਾਂ ਕਿਹਾ ਕਿ ਜ਼ਿਲੇ ਦੇ ਸਿਹਤ ਕੇਂਦਰਾਂ ਵਿਚ ਚੱਲਦੇ ਓਟ ਸੈਂਟਰਾਂ ਰਾਹੀਂ ਨਸ਼ਾ ਛੁਡਾਉਣ ਲਈ ਮੁਫ਼ਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਨਾਂ ਬਾਰੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਜੋ ਉਹ ਨਸ਼ੇ ਤੋਂ ਦੂਰ ਰਹਿ ਕੇ ਰੋਜ਼ਗਾਰ ਵੱਲ ਪ੍ਰੇਰਿਤ ਹੋਣ ਅਤੇ ਆਪਣੇ ਸੂਬੇ ਅਤੇ ਮੁਲਕ ਦੀ ਤਰੱਕੀ ਵਿਚ ਆਪਣਾ ਵਡਮੁੱਲਾ ਯੋਗਦਾਨ ਦੇਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸੂਬਾ ਸਰਕਾਰ ਨਾਲ ਮਿਲ ਕੇ ਦੇਸ਼ ਦੇ ਹਰ ਕੋਨੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਨੌਜਵਾਨ ਪੀੜੀ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਅਤੇ ਜਾਗਰੂਕਤਾ ਪ੍ਰੋਗਰਾਮ, ਜਿਵੇਂ ਡੈਪੋ, ਬਡੀ, ਮਿਸ਼ਨ ਰੈੱਡ ਸਕਾਈ ਆਦਿ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਤਹਿਤ ਨਸ਼ੇ ਦੇ ਆਦੀ ਵਿਅਕਤੀ ਨੂੰ ਨਸ਼ੇ ਦੀ ਆਦਤ ਤੋਂ ਨਿਜ਼ਾਤ ਦਿਵਾਉਣ ਲਈ ਜ਼ਿਲੇ ਦੇ ਵੱਖ-ਵੱਖ ਸਿਹਤ ਕੇਂਦਰਾਂ ਦੇ ਓਟ ਸੈਂਟਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਨਾਲ ਸਬੰਧਤ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਸਮੂਹ ਸਰਕਾਰੀ ਹਸਪਤਾਲਾਂ ਅਤੇ ਓਟ ਸੈਂਟਰਾਂ ਵਿਚ ਨਸ਼ੇ ਦੇ ਆਦੀ ਵਿਅਕਤੀ ਨੂੰ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਨਸ਼ੇ ਦੇ ਮਰੀਜ਼ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ। ਉਨਾਂ ਕਿਹਾ ਕਿ ਸਭਨਾਂ ਦੇ ਯੋਗਦਾਨ ਅਤੇ ਸਹਿਯੋਗ ਨਾਲ ਹੀ ਜ਼ਿਲੇ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ।
ਨਸ਼ਾ ਮੁਕਤ ਅਭਿਆਨ ਕਮੇਟੀ ਦੇ ਮੈਂਬਰ ਸਕੱਤਰ ਅਤੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਇਸ ਅਭਿਆਨ ਤਹਿਤ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਅਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।
ਇਸ ਮੌਕੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਡੀ. ਐਸ. ਪੀ ਲਖਵੀਰ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਜ਼ਿਲਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਗੁਰਪ੍ਰਸ਼ਾਦ ਸਿੰਘ, ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ, ਗਾਈਡੈਂਸ ਕਾਊਂਸਲਰ ਬਲਦੀਸ਼ ਲਾਲ, ਏ. ਐਸ. ਆਈ ਹੁਸਨ ਲਾਲ, ਕੋਚ ਮਲਕੀਤ ਸਿੰਘ, ਜਤਿੰਦਰ ਸਿੰਘ ਤੇ ਹੋਰ ਹਾਜ਼ਰ ਸਨ।