ਫੂਡ ਸੇਫ਼ਟੀ ਟੀਮ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀਆਂ ਦੁਕਾਨਾਂ ਦੀ ਚੈਕਿੰਗ ਲਗਾਤਾਰ ਜਾਰੀ
ਮਾਲੇਰਕੋਟਲਾ/ ਅਹਿਮਦਗੜ੍ਹ 23 ਅਕਤੂਬਰ, 2023: ਫੂਡ ਸੇਫ਼ਟੀ ਟੀਮ ਮਲੇਰਕੋਟਲਾ ਵੱਲੋਂ ਕਮਿਸ਼ਨਰ ਫੂਡ ਸੇਫ਼ਟੀ ਪੰਜਾਬ ਸ੍ਰੀ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ. ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਿਕ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵੱਲੋਂ ਖਾਣ ਪੀਣ ਦੀਆਂ ਦੁਕਾਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਜਿਸ ਤਹਿਤ ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਸ੍ਰੀਮਤੀ ਰਾਖੀ ਵਿਨਾਇਕ ਅਤੇ ਫੂਡ ਸੇਫ਼ਟੀ ਅਫ਼ਸਰ ਚਰਨਜੀਤ ਸਿੰਘ ਦੀ ਟੀਮ ਵੱਲੋਂ ਮਲੇਰਕੋਟਲਾ ਅਤੇ ਆਸ ਪਾਸ ਦੇ ਇਲਾਕੇ ਵਿੱਚ ਵੱਖ ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ ।
ਸਹਾਇਕ ਕਮਿਸ਼ਨਰ ਫੂਡ ਸ੍ਰੀਮਤੀ ਰਾਖੀ ਵਿਨਾਇਕ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਪੈਸ਼ਲ ਟੀਮ ਵੱਲੋਂ ਲਗਾਤਾਰ ਤਿੰਨ ਦਿਨ ਵਿਸ਼ੇਸ਼ ਸਪੈਲਿੰਗ ਮੁਹਿੰਮ ਚਲਾ ਕੇ ਮਲੇਰਕੋਟਲਾ ਅਤੇ ਅਹਿਮਦਗੜ੍ਹ ਵਿਖੇ ਵੱਖ ਵੱਖ ਥਾਵਾਂ ਤੋਂ ਦੁਕਾਨਾਂ ਦੀ ਚੈਕਿੰਗ ਕਰਕੇ ਦੁੱਧ, ਪਨੀਰ,ਖੋਇਆ ਅਤੇ ਖੋਏ ਨਾਲ ਬਣੀਆਂ ਮਠਿਆਈਆਂ, ਦੇਸੀ ਘਿਓ , ਡਰਾਈ ਫਰੂਟ ਆਦਿ ਦੇ 14 ਸੈਂਪਲ ਭਰੇ ।ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਲੈਬਾਰਟਰੀ ਵਿਖੇ ਭੇਜਿਆ ਜਾਵੇਗਾ ਅਤੇ ਲੈਬਾਰਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫ਼ੇਲ੍ਹ ਪਾਏ ਗਏ ਤਾਂ ਸਬੰਧਤ ਮਾਲਕਾਂ ਖ਼ਿਲਾਫ਼ ਫੂਡ ਸੇਫ਼ਟੀ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਦੀ ਟੀਮ ਵੱਲੋਂ ਦੁਕਾਨਦਾਰਾਂ ਨੂੰ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਅਧੀਨ ਲਾਇਸੈਂਸ/ ਰਜਿਸਟ੍ਰੇਸ਼ਨ ਬਣਵਾਉਣ,ਬੈਸਟ ਬਿਫੋਰ ਤਰੀਕ ਲਿਖਣ ਅਤੇ ਵਸਤਾਂ ਦੇ ਉਤਪਾਦਨ ਅਤੇ ਵਿੱਕਰੀ ਸਮੇਂ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਦੀ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਕੋਈ ਵੀ ਦੁਕਾਨਦਾਰ ਘਟੀਆ ਜਾਂ ਮਿਲਾਵਟੀ ਖਾਧ ਪਦਾਰਥ ਵੇਚਦਾ ਪਾਇਆ ਗਿਆ ਤਾਂ ਉਸ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।