ਅਹਿਮਦਗੜ੍ਹ ਸਬ ਡਵੀਜ਼ਨ ਦੇ ਪਿੰਡ ਕੰਗਣਵਾਲ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਖ਼ੁਦ ਕਰ ਰਹੇ ਹਨ ਕੈਂਪਾਂ ਦੀ ਨਿਗਰਾਨੀ

ਅਹਿਮਦਗੜ੍ਹ ਸਬ ਡਵੀਜ਼ਨ ਦੇ ਪਿੰਡ ਕੰਗਣਵਾਲ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਹਿਮਦਗੜ੍ਹ /ਮਾਲੇਰਕੋਟਲਾ, 6 ਦਸੰਬਰ, 2023: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ’ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਸਬ ਡਵੀਜ਼ਨ ਅਹਿਮਦਗੜ੍ਹ ਦੇ ਪਿੰਡ ਕੰਗਣਵਾਲ ਵਿਖੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ।

ਇਸ ਮੌਕੇ,ਉਪ ਮੰਡਲ ਮੈਜਿਸਟਰੇਟ ਹਰਬੰਸ ਸਿੰਘ, ਤਹਿਸੀਲਦਾਰ ਮਨਮੋਹਨ ਸ਼ਰਮਾ, ਨਾਇਬ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਫ਼ੀਲਡ ਕਾਨੂੰਗੋ ਸੰਦੌੜ ਹਰਵੀਰ ਸਿੰਘ ਢੀਂਡਸਾ , ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਕੌਰ,ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜਸਵਿੰਦਰ ਸਿੰਘ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ । "ਪੰਜਾਬ ਸਰਕਾਰ ਤੁਹਾਡੇ ਦੁਆਰ" ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਅਤੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਪਿੰਡ ਕੰਗਣਵਾਲ ਪੁੱਜਣ ਤੇ ਸਰਕਾਰੀ ਹਾਈ ਸਕੂਲ ਕੰਗਣਵਾਲ ਦੇ ਸਕੂਲੀ ਵਿਦਿਆਰਥੀਆਂ ਵੱਲੋਂ  ਭਰਵਾ ਸਵਾਗਤ ਕੀਤਾ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਅੱਛੀ ਕਾਰਗੁਜ਼ਾਰੀ ਵਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਅਜਿਹੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ  ਨਿੱਜੀ ਅਤੇ ਸਮੂਹਿਕ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ  ਯੋਗ ਨਿੱਜੀ ਅਤੇ ਸਮੂਹਿਕ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਨ ਦੇ ਉਪਰਾਲੇ ਕੀਤੇ ਜਾਂਦੇ ਹਨ ਉਨ੍ਹਾਂ ਕਿਹਾ ਕਿ ਅਜਿਹੇ ਸ਼ਿਕਾਇਤ ਨਿਵਾਰਨ ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ  ਉਹ ਖ਼ੁਦ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਕੋਈ ਵੀ ਲੋੜਵੰਦ ਵਾਂਝਾ ਨਾ ਰਹਿ ਜਾਵੇ ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ੇ ਵਰਗੀ ਅਲਾਮਤ ਤੋਂ ਦੂਰ ਰਹਿਣ ਅਤੇ ਇਸ  ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰੇਰਿਤ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਨਸ਼ਾ ਮੁਕਤ ਪੰਜਾਬ ਮੁਹਿੰਮ ਦੀ ਕਾਮਯਾਬੀ 'ਚ ਨੌਜਵਾਨ ਵਿਦਿਆਰਥੀ ਆਪਣੀ ਅਹਿਮ ਭੂਮਿਕਾ ਨਿਭਾ ਸਕਦੇ ਹਨ । ਜੇਕਰ ਤੁਹਾਡੇ ਆਸ ਪਾਸ ਕੋਈ ਨਸ਼ਾ ਤਸਕਰੀ ਕਰਦਾ ਜਾ ਸੇਵਨ ਕਰਦਾ ਹੋਵੇ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿਓ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਹਰਬੰਸ ਸਿੰਘ ਨੇ ਦੱਸਿਆ ਕਿ ਅੱਜ ਦੇ ਸ਼ਿਕਾਇਤ ਨਿਵਾਰਨ ਕੈਂਪ ਵਿਚ ਜ਼ਿਆਦਾਤਰ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੋਇਆ, ਉਨ੍ਹਾਂ ਦਾ ਜਲਦੀ ਹੀ ਸਬੰਧਤ ਵਿਭਾਗ ਵੱਲੋਂ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਜਿਹੇ ਕੈਂਪ ਲਗਦੇ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕੀਤੀਆਂ ਜਾ ਸਕਣ । ਉਨ੍ਹਾਂ ਵਿਦਿਆਰਥੀਆਂ ਅਤੇ ਪਿੰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਦਿੱਤੀ ਹੈ ਜਿਸ ਨਾਲ ਅਸੀਂ ਆਪਣੇ ਸੁਫ਼ਨਿਆਂ ਦਾ ਸਮਾਜ ਸਿਰਜਣ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਾਂ। ਵੋਟ ਬਣਾਉਣਾ ਤੇ ਉਸ ਦਾ ਸਹੀ ਇਸਤੇਮਾਲ ਕਰਨਾ ਜਿੱਥੇ ਸਾਡਾ ਸੰਵਿਧਾਨਕ ਹੱਕ ਹੈ ਉੱਥੇ ਹੀ ਸਮਾਜ ਪ੍ਰਤੀ ਸਾਡੀ ਜ਼ਿੰਮੇਵਾਰੀ ਵੀ ਬਣਦੀ ਹੈ, ਇਸ ਲਈ ਸਾਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਤੋਂ ਕਦੇ ਵੀ ਅਵੇਸਲੇ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨਿਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਯੋਗ ਨੌਜਵਾਨਾਂ ਦੇ  ਫ਼ੋਟੋ ਸ਼ਨਾਖ਼ਤੀ ਕਾਰਡ ਨਹੀਂ ਬਣੇ ,ਉਹ ਆਪਣੇ ਬੀ.ਐਲ.ਓਜ ਨਾਲ ਜਾਂ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਅਹਿਮਦਗੜ੍ਹ ਦੀ ਚੋਣ ਸ਼ਾਖਾ ਨਾਲ ਰਾਬਤਾ ਕਰ ਸਕਦੇ ਹਨ ।

 ਅੱਜ ਪਿੰਡਾਂ ਦੇ ਲੋਕਾਂ ਦੀਆਂ ਸਿਹਤ, ਮਾਲ, ਪੁਲਿਸ, ਸਿੱਖਿਆ,  ਪੀ.ਐਸ.ਪੀ.ਸੀ.ਐਲ.ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ, ਖ਼ੁਰਾਕ ਅਤੇ ਸਪਲਾਈ, ਡਰੇਨੇਜ, ਖੇਤੀਬਾੜੀ, ਸਹਿਕਾਰੀ, ਡੇਅਰੀ ਵਿਕਾਸ ਆਦਿ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਦਰਖਾਸਤਾਂ ਪ੍ਰਾਪਤ ਕਰਕੇ ਬਣਦੀ ਕਾਰਵਾਈ ਕੀਤੀ ।