ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਦੀ ਅਹਿਮ ਬੈਠਕ

ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਦੀ ਅਹਿਮ ਬੈਠਕ

ਮਾਲੇਰਕੋਟਲਾ, 1 ਨਵੰਬਰ, 2023: ਮਾਲੇਰਕੋਟਲਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਅਤੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹਾ ਅਧਿਕਾਰੀਆਂ,ਸਬੰਧਤ ਵਿਭਾਗ ਦੇ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ  ਮੀਟਿੰਗ ਕਰਕੇ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ ਅਤੇ ਇਸ ਮੌਕੇ ਉਨ੍ਹਾਂ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ/ਯਤਨਾਂ ਬਾਰੇ ਵਿਸਥਾਰ ਚਰਚਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਵੀ ਮੌਜੂਦ ਸਨ ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਕਰਾਪ ਰੈਜੀਡਿਊ ਸਕੀਮ(ਸੀ.ਆਰ.ਐਮ)  ਤਹਿਤ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਨ੍ਹਾਂ ਦੇ ਬੂਹੇ ਤੇ ਉਪਲਬਧ ਕਰਵਾਉਣ ਨੂੰ ਯਕੀਨੀ ਬਣਾਉਣ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੰਗ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਜਾਂ ਸਬੰਧਤ ਖੇਤੀਬਾੜੀ ਅਫ਼ਸਰ ਨੂੰ ਦੇ ਸਕਦੇ ਹਨ ਕਿ ਉਨ੍ਹਾਂ ਨੂੰ ਕਿਹੜੀ ਮਸ਼ੀਨ ਦੀ ਜ਼ਰੂਰਤ ਹੈ ।  ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਬੇਲਰ, ਸੁਪਰ ਸੀਡਰ ਹੈਪੀ ਸੀਡਰ ਮਲਚਰ ਅਤੇ ਸਰਫੇਸ ਸੀਡਰ ਵਰਗੀਆਂ ਮਸ਼ੀਨਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਅਤੇ ਇਸ ਨਾਲ ਹੁੰਦੇ ਵਾਤਾਵਰਣ, ਕਿਸਾਨ ਅਤੇ ਜ਼ਮੀਨ ਦੇ ਫ਼ਾਇਦੇ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਅਗਲੇ ਕੁਝ ਦਿਨ ਬਹੁਤ ਹੀ ਸੰਵੇਦਨਸ਼ੀਲ ਹਨ ਕਿਉਂਕਿ ਹੁਣ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ ਤੇ ਕਣਕ ਦੀ ਬਿਜਾਈ ਦਾ ਵੀ ਸਮਾਂ ਨਜ਼ਦੀਕ ਆ ਰਿਹਾ ਹੈ, ਇਸ ਲਈ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰਵਾਉਣ ਅਤੇ ਪਿੰਡਾਂ ਵਿੱਚ ਆਪਣੇ ਦੌਰਿਆਂ ਦੀ ਦਰ ਵਿੱਚ ਵਾਧਾ ਕੀਤਾ ਜਾਵੇ । ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇ ।

ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਉੱਤੇ ਪਾਬੰਦੀ ਲਗਾਈ ਹੈ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ  ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨ ਬਿਨ ਯਕੀਨੀ ਬਣਾਇਆ ਜਾਵੇ ਅਤੇ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਨਾ ਕੇ ਜ਼ਿਲ੍ਹੇ ਵਿੱਚ ਅੱਗਾਂ ਲੱਗਣ ਦੀ ਘਟਨਾਵਾਂ ਨੂੰ ਨਿਲ ਕਰਨ ਦੇ ਉਪਰਾਲੇ ਕੀਤੇ ਜਾਣ                 

ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ । ਮਾਲੇਰਕੋਟਲਾ ਨੂੰ ਅੱਗ ਮੁਕਤ ਕਰਨ ਦੇ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾਣ ।