ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਖਰੀਦ ਏਜੰਸੀਆਂ ਨੂੰ ਦਿੱਤੇ ਗਏ ਨਿਰਦੇਸ਼:ਡਿਪਟੀ ਕਮਿਸ਼ਨਰ
ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ
ਫਿਰੋਜ਼ਪੁਰ:
ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲਾ ਫਿਰੋਜ਼ਪੁਰ ਦੀਆਂ ਮੰਡੀਆਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਅਹਿਮ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਅਤੇ ਵੇਚੀ ਗਈ ਫਸਲ ਦੀ ਪੈਮੇਂਟ ਸਬੰਧੀ ਕਿਸੇ ਤਰ੍ਹਾ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਿਹਤ ਨੂੰ ਧਿਆਨ `ਚ ਰੱਖਦੇ ਹੋਏ ਮੰਡੀਆਂ `ਚ ਸੈਨੇਟਾਈਜ਼ਰ ਮਸ਼ੀਨਾਂ, ਕਿਸਾਨਾਂ ਨੂੰ ਮਾਸਕ ਮੁਹੱਈਆ ਕਰਵਾਉਣ ਅਤੇ ਵਾਰ-ਵਾਰ ਹੱਥ ਧੋਣ ਲਈ ਸਾਬਨ, ਪਾਣੀ, ਪਖਾਣੇ ਆਦਿ ਇੰਤਜਾਮ ਕੀਤੇ ਹੋਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਫਸਲ ਖਰੀਦਣ ਤੋਂ ਲੈ ਕੇ, ਫਸਲ ਦੀ ਲਿਫਟਿੰਗ ਤੇ ਅਦਾਇਗੀ ਅਤੇ ਬਾਰਦਾਨੇ ਸਬੰਧੀ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਵੀਰ ਸੁੱਕੀ ਫਸਲ ਹੀ ਮੰਡੀਆਂ ਵਿਖੇ ਲੈ ਕੇ ਆਉਣ ਤਾਂ ਜ਼ੋ ਉਨ੍ਹਾਂ ਦੀ ਫਸਲ ਦੀ ਖਰੀਦ ਨਾਲੋ-ਨਾਲ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਦੀ ਅਦਾਇਗੀ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।