ਖੇਤੀਬਾੜੀ ਵਿਭਾਗ ਵੱਲੋਂ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਪ੍ਰਬੰਧਨ ਦੀ ਤਕਨੀਕੀ ਜਾਣਕਾਰੀ ਦੇਣ ਲਈ ਪੰਚਾਇਤੀ ਵਿਭਾਗ ਦੇ ਨੁਮਾਇੰਦਿਆਂ ਅਤੇ ਸਰਪੰਚਾਂ ਨਾਲ ਮੀਟਿੰਗ
ਮਾਲੇਰਕੋਟਲਾ, 17 ਅਕਤੂਬਰ, 2023: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ.ਪੱਲਵੀ ਦੀ ਅਗਵਾਈ ਵਿੱਚ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਹਿਮਦਗੜ੍ਹ/ ਮਾਲੇਰਕੋਟਲਾ ਵਿਖੇ ਵਿਸ਼ੇਸ ਜਾਗਰੂਕਤਾ ਕੈਂਪ ਲਗਾਕੇ ਸਬੰਧਤ ਬਲਾਕ ਦੇ ਸਰਪੰਚਾਂ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਸੀ.ਆਰ.ਐਮ.ਸਕੀਮ ਅਧੀਨ ਪਰਾਲੀ ਪ੍ਰਬੰਧਨ ਦੀ ਤਕਨੀਕ ਜਾਣਕਾਰੀ ਦਿੱਤੀ ।
ਖੇਤੀਬਾੜੀ ਵਿਕਾਸ ਅਫਸ਼ਰ ਡਾ ਕੁਲਵੀਰ ਸਿੰਘ ਨੇ ਸਥਾਨਕ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਵਿਖੇ ਇੱਕਤਰ ਸਰਪੰਚਾਂ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਅੱਗ ਨਾ ਲਗਾ ਕੇ ਉਸ ਦੀ ਸੁਚੱਜੀ ਵਰਤੋਂ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ।ਇਸ ਮੌਕੇ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਪ੍ਰੇਰਿਤ ਕਰਦਿਆ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਪਰਾਲੀ ਦੀਆਂ ਬੇਲਰ ਦੀ ਸਹਾਇਤਾ ਨਾਲ ਗੱਠਾਂ ਦੇ ਰੂਪ ਵਿੱਚ ਤਿਆਰ ਕਰਨ ਬਾਰੇ ਉਤਸਾਹਿਤ ਕਰਨ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇ ਅਤੇ ਜੋ ਜੀਰੋ ਬਰਨਿੰਗ ਦਾ ਟੀਚਾਂ ਹਾਸ਼ਲ ਕੀਤਾ ਜਾ ਸਕੇ ।
ਏ.ਟੀ.ਐਮ ਦਲਜੀਤ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਮਲਚਰ ਦੀ ਸਹਾਇਤਾ ਨਾਲ ਖੇਤ ਵਿੱਚ ਹੀ ਰਲਾ ਕੇ ਭੂਮੀ ਦੀ ਸਿਹਤ ਵਿੱਚ ਵਾਧਾ ਕਰਨ ਬਾਰੇ ਦੱਸਿਆ ਅਤੇ ਐਸ.ਐਮ.ਐਸ. ਸਿਸਟਮ ਵਾਲੀਆਂ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਕਰਵਾਉਣ ਬਾਰੇ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਐਸ.ਐਮ.ਐਸ. ਸਿਸਟਮ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਇੱਕਸਾਰ ਖਿਲਾਰਿਆ ਜਾ ਸਕਦਾ ਹੈ ਅਤੇ ਕਿਸਾਨ ਅਸਾਨੀ ਨਾਲ ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਤੇ ਸਮਾਰਟ ਸੀਡਰ ਨਾਲ ਕਣਕ ਦੀ ਬਿਜਾਈ ਕਰ ਸਕਦੇ ਹਨ।
ਏ.ਟੀ.ਐਮ ਗੁਰਵਿੰਦਰ ਸਿੰਘ ਨੇ ਆਤਮਾ ਸਕੀਮ ਅਧੀਨ ਨਵੀਨਤਮ ਤਕਨਾਲੌਜੀ ਅਤੇ ਸਹਾਇਕ ਧੰਦਿਆਂ ਨੂੰ ਅਪਣਾ ਕੇ ਖੇਤੀ ਨੂੰ ਲਾਹੇਵੰਦ ਬਣਾਉਣ ਦੇ ਮੰਤਵ ਨਾਲ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਪਰਾਲੀ ਦੀ ਸਾਂਭ ਸੰਭਾਲ ਅਤੇ ਪਰਾਲੀ ਦੀ ਸੁਚੱਜੀ ਵਰਤੋਂ ਬਾਰੇ ਦੱਸਿਆ।
ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਹਿਮਦਗੜ੍ਹ ਜਸਮਿੰਦਰ ਸਿੰਘ ਅਤੇ ਬੀ.ਡੀ.ਪੀ.ਓ ਮਾਲੇਰਕੋਟਲਾ ਬੱਬਲਜੀਤ ਕੌਰ ਨੇ ਪੰਚਾਇਤੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਸਟਾਫ ਮੈਂਬਰਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਅੱਗਾਂ ਲਗਾਉਂਣ ਦੇ ਰੁਝਾਨ ਨੂੰ ਨਿਲ ਕੀਤਾ ਜਾ ਸਕੇ ।