ਵਿਧਾਇਕ ਤੇ ਡੀ.ਸੀ. ਵੱਲੋਂ ਪਿੰਡਾਂ 'ਚ ਕੋਵਿਡ ਦੀ ਰੋਕਥਾਮ ਲਈ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਦਾ ਆਗਾਜ਼
ਪੰਚਾਇਤਾਂ ਵਿਭਾਗ ਤੇ ਸਰਪੰਚਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਸਿੱਖਿਅਤ ਕਰਨ ਦੇ ਨਿਰਦੇਸ਼
ਲੁਧਿਆਣਾ: ਕੋਵਿਡ-19 ਦੀ ਦੂਜੀ ਮਾਰੂ ਲਹਿਰ ਜੋਕਿ ਹੁਣ ਪੇਂਡੂ ਖੇਤਰਾਂ ਵਿੱਚ ਜ਼ੋਰ ਫੜ ਰਹੀ ਹੈ ਨੂੰ ਮੱਦੇਨਜ਼ਰ ਰੱਖਦੇ ਹੋਏ ਲੁਧਿਆਣਾ ਦੇ ਕੇਂਦਰੀ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕੋਰੋਨਾ ਦੇ ਵਿਰੁੱਧ ਇੱਕ ਵੱਡੇ ਪੱਧਰ ਦੀ ਜਾਗਰੂਕਤਾ ਮੁਹਿੰਮ ਦੀ ਸੁਰੂਆਤ ਕੀਤੀ ਅਤੇ ਕਿਹਾ ਕਿ ਇਸ ਮੁਹਿੰਮ ਤਹਿਤ ਲੋਕਾਂ ਨੂੰ ਕੋਵਿਡ ਦੇ ਲੱਛਣ ਹੋਣ 'ਤੇ ਤੁਰੰਤ ਡਾਕਟਰੀ ਸਲਾਹ ਲਈ ਪ੍ਰੇਰਿਆ ਜਾਵੇਗਾ ਅਤੇ ਇਸ ਤੋਂ ਇਲਾਵਾ ਸਮਾਜਿਕ ਦੂਰੀ ਦੇ ਨਾਲ-ਨਾਲ ਹੱਥਾਂ ਨੂੰ ਵਾਰ-ਵਾਰ ਧੋਣ ਦੀ ਮਹੱਤਤਾ ਬਾਰੇ ਵੀ ਦੱਸਿਆ ਜਾਵੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫਤਿਹ ਤਹਿਤ ਵਿਸ਼ਾਲ ਜਾਗਰੂਕਤਾ ਮੁਹਿੰਮ ਦੇ ਵਰਚੂਅਲ ਲਾਂਚ ਵਿੱਚ ਸ਼ਾਮਲ ਹੁੰਦੇ ਹੋਏ, ਵਿਧਾਇਕ ਅਤੇ ਡੀ.ਸੀ ਦੇ ਨਾਲ ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਸਿਹਤ ਵਿਭਾਗ ਨੂੰ ਇਸ ਵਿੱਚ ਮਿਲ ਕੇ ਕੰਮ ਕਰਨ ਦੀ ਹਦਾਇਤ ਕੀਤੀ। ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਮਹਾਂਮਾਰੀ ਦੇ ਵਿਰੁੱਧ ਲੜਾਈ ਵਿਚ ਸਰਪੰਚਾਂ, ਪੰਚਾਂ, ਜੀ.ਓ.ਜੀ, ਧਾਰਮਿਕ ਆਗਆਂੂ, ਸਕੂਲ ਅਧਿਆਪਕਾਂ, ਆਂਗਣਵਾੜੀ ਤੇ ਆਸ਼ਾ ਵਰਕਰਾਂ, ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ, ਪਿੰਡ ਪੱਧਰੀ ਯੂਥ ਕਲੱਬਾਂ ਅਤੇ ਰੈੱਡ-ਰਿਬਨ ਕਲੱਬਾਂ ਦੇ ਨਾਲ ਮਿਲਕੇ ਇਸ ਮੁਹਿੰਮ ਨੂੰ ਚਲਾਇਆ ਜਾਵੇ।
ਉਨ੍ਹਾਂ ਕਿਹਾ ਕਿ ਮਰੀਜ਼ਾਂ ਦੁਆਰਾ ਦੇਰੀ ਨਾਲ ਡਾਕਟਰਾਂ ਤੱਕ ਪਹੁੰਚ ਕਰਨਾ ਚਿੰਤਾਜਨਕ ਹੈ ਕਿਉਂਕਿ ਪੇਂਡੂ ਲੋਕ ਆਪ ਹੀ ਆਪਣਾ ਇਲਾਜ਼ ਸੁਰੂ ਕਰ ਲੈਂਦੇ ਹਨ ਅਤੇ ਲੱਛਣਾਂ ਨੂੰ ਹਲਕੇ ਵਿੱਚ ਲੈਂਦੇ ਹਨ ਜੋ ਬਾਅਦ ਵਿਚ ਗੰਭੀਰ ਸਥਿਤੀ ਵੱਲ ਲੈ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਇਹ ਮੁਹਿੰਮ ਮੁੱਢਲੇ ਪੜਾਅ 'ਤੇ ਕੇਸਾਂ ਦੀ ਪਛਾਣ ਕਰਨ ਅਤੇ ਸੰਕਰਮਿਤ ਵਿਅਕਤੀਆਂ ਨੂੰ ਇਕਾਂਤਵਾਸ ਕਰਕੇ ਪਸਾਰ ਲੜੀ ਨੂੰ ਤੋੜਨ ਵਿਚ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦਾ ਦੇਰੀ ਨਾਲ ਨਿਰੀਖਣ ਮੌਤ ਦਰ ਦਾ ਵੱਡਾ ਕਾਰਨ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਲੰਟੀਅਰਾਂ ਦੀਆਂ ਇਹ ਸਾਂਝੀਆਂ ਟੀਮਾਂ ਅਫਵਾਹਾਂ ਅਤੇ ਗਲਤ ਜਾਣਕਾਰੀ ਨੂੰ ਦੂਰ ਕਰਦਿਆਂ ਯੋਗ ਟੀਕਾਕਰਨ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਜਲਦ ਟੈਸਟਿੰਗ ਅਤੇ ਇਲਾਜ ਦੇ ਸੁਨੇਹੇ ਨੂੰ ਅੱਗੇ ਵਧਾਉਣ ਲਈ ਰਾਜਦੂਤਾਂ ਵਜੋਂ ਕੰਮ ਕਰਨਗੀਆਂ।
ਉਨ੍ਹਾਂ ਕਿਹਾ ਕਿ ਇਹ ਟੀਮਾਂ ਮਹਾਂਮਾਰੀ ਦੇ ਵਿਰੁੱਧ ਜੰਗ ਵਿਚ ਪੰਜਾਬ ਦੀ ਜਿੱਤ ਨੂੰ ਯਕੀਨੀ ਬਣਾਉਣ ਵਿਚ ਫੈਸਲਾਕੁੰਨ ਭੂਮਿਕਾ ਅਦਾ ਕਰ ਸਕਦੀਆਂ ਹਨ ਅਤੇ ਲੋਕਾਂ ਨੂੰ ਆਪਣੇ ਰੋਜ਼ਾਨਾ ਕੰਮਕਾਜ ਦੌਰਾਨ ਮਾਸਕ ਪਾਉਣ, ਹੱਥ ਧੋਣ ਅਤੇ ਸਮਾਜਿਕ ਦੂਰੀ ਦੇ ਅਭਿਆਸਾਂ ਸਮੇਤ ਪ੍ਰੋਟੋਕਾਲ ਦੀ ਪਾਲਣਾ ਕਰਨ ਲਈ ਜਾਗਰੂਕ ਕਰਨਗੀਆਂ।
ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਇਸ ਮੁਹਿੰਮ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ ਕਿਉਂਕਿ ਕੇਵਲ ਜਾਗਰੁਕਤਾ ਹੀ ਲੁਧਿਆਣਾ ਦੇ ਸਾਰੇ 947 ਪਿੰਡਾਂ ਵਿਚ ਕੋਵਿਡ-19 ਮਹਾਂਮਾਰੀ ਨੂੰ ਰੋਕਣ ਵਿਚ ਸਹਾਇਤਾ ਕਰ ਸਕਦੀ ਹੈ।
ਇਸ ਮੌਕੇ ਹਾਜ਼ਰ ਪ੍ਰਮੁੱਖ ਲੋਕਾਂ ਵਿੱਚ ਪੰਜਾਬ ਪੱਛੜੇ ਵਰਗ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਉਪ-ਚੇਅਰਮੈਨ ਮੁਹੰਮਦ ਗੁਲਾਬ, ਡੀ.ਡੀ.ਪੀ.ਓ ਸ੍ਰੀ ਸੰਜੀਵ ਸ਼ਰਮਾ ਅਤੇ ਹੋਰ ਸ਼ਾਮਲ ਸਨ।