ਵਿਧਾਇਕ ਪਿੰਕੀ ਨੇ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਤਿੰਨ ਮਹੀਨੇ ਦੀ ਮੁਫ਼ਤ ਕਣਕ ਵੰਡ ਦੀ ਕੀਤੀ ਸ਼ੁਰੂਆਤ

ਕਿਹਾ, ਪਹਿਲੇ ਦਿਨ ਲਗਭਗ 4 ਹਜ਼ਾਰ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਕਣਕ ਦੀ ਵੰਡ ਕੀਤੀ ਗਈ

ਵਿਧਾਇਕ ਪਿੰਕੀ ਨੇ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਤਿੰਨ ਮਹੀਨੇ ਦੀ ਮੁਫ਼ਤ ਕਣਕ ਵੰਡ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਗ਼ਰੀਬਾਂ ਅਤੇ ਲੋੜਵੰਦਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ-ਵਿਧਾਇਕ ਪਿੰਕੀ

ਫਿਰੋਜ਼ਪੁਰ: ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਕੋਵਿਡ-19 (ਕੋਰੋਨਾ) ਨੂੰ ਮੱਦੇਨਜ਼ਰ ਰੱਖਦਿਆਂ ਲਗਾਏ ਕਰਫ਼ਿਊ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਤਿੰਨ ਮਹੀਨਿਆਂ ਦੀ ਮੁਫ਼ਤ ਕਣਕ ਵੰਡਣ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਦੀ ਸ਼ੁਰੂਆਤ ਉਨ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਬਾਰੇ ਕੇ, ਮਧਰੇ ਤੇ ਵਾਰਡ ਨੰ: 15 ਬੈਕਸਾਈਟ ਮਾਰਕੀਟ ਕਮੇਟੀ ਵਿਖੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਤਿੰਨ ਮਹੀਨੇ ਦੀ ਕਣਕ ਵੰਡ ਕੇ ਕੀਤੀ ਗਈ ਹੈ। ਵਿਧਾਇਕ ਨੇ ਅੱਗੇ ਦੱਸਿਆ ਕਿ  ਸ਼ੁੱਕਰਵਾਰ ਦੇ ਦਿਨ ਲਗਭਗ 4 ਹਜ਼ਾਰ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਕਣਕ ਵੰਡੀ ਗਈ ਹੈ, ਕਣਕ ਵੰਡ ਦੌਰਾਨ ਸੋਸ਼ਲ ਡਿਸਟੈਂਸਿੰਗ ਦਾ ਪੂਰਾ ਖ਼ਿਆਲ ਰੱਖਿਆ ਗਿਆ ਹੈ।ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੁੱਕਿਆ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ, ਪਹਿਲਾਂ ਸਰਕਾਰ ਵੱਲੋਂ 2 ਰੁਪਏ ਕਿੱਲੋ ਦੇ ਹਿਸਾਬ ਨਾਲ ਇਹ ਕਣਕ ਵੰਡੀ ਜਾਂਦੀ ਸੀ, ਜਦਕਿ ਹੁਣ ਕੋਈ ਪੈਸਾ ਨਾ ਲੈ ਕੇ ਇਹ ਕਣਕ ਮੁਫ਼ਤ ਵਿਚ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚੋਂ ਸਭ ਤੋਂ ਪਹਿਲਾ ਫਿਰੋਜ਼ਪੁਰ ਜ਼ਿਲ੍ਹੇ ਵਿਚ ਇਹ ਕਣਕ ਵੰਡਣ ਦੀ ਸ਼ੁਰੂਆਤ ਹੋਈ ਹੈ। ਵਿਧਾਇਕ ਪਿੰਕੀ ਨੇ ਕਿਹਾ ਕਿ ਗ਼ਰੀਬ ਵਰਗ ਲਈ ਕਰਫ਼ਿਊ ਵਰਗੀ ਸਥਿਤੀ ਵਿੱਚ ਆਪਣੀ ਦਾਲ, ਰੋਟੀ ਦਾ ਪ੍ਰਬੰਧ ਕਰਨਾ ਬਹੁਤ ਮੁਸ਼ਕਲ ਹੋ ਰਿਹਾ ਹੈ, ਜਿਸ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਹ ਕਦਮ ਉਠਾਇਆ ਗਿਆ ਹੈ। ਵਿਧਾਇਕ ਨੇ ਇਸ ਫ਼ੈਸਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਸੰਕਟ ਦੀ ਇਸ ਘੜੀ ਵਿੱਚ ਗ਼ਰੀਬਾਂ ਅਤੇ ਲੋੜਵੰਦਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਕੋਈ ਪਰੇਸ਼ਾਨੀ ਨਹੀਂ ਆ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਦੇ ਗ਼ਰੀਬ ਤੇ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਉਨ੍ਹਾਂ ਦੀ ਹਰ ਜ਼ਰੂਰਤ ਨੂੰ ਪੂਰਾ ਕੀਤਾ ਕੀਤਾ ਜਾਵੇ ਤਾਂ ਕੋਈ ਵੀ ਜ਼ਰੂਰਤਮੰਦ ਵਿਅਕਤੀ ਕਰਫ਼ਿਊ ਦੌਰਾਨ ਭੁੱਖੇ ਪੇਟ ਨਾ ਸੌਵੇਂ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਵੱਲੋਂ ਜ਼ਰੂਰਤਮੰਦ ਲੋਕਾਂ ਨੂੰ ਲੰਗਰ ਖੁਆਇਆ ਜਾ ਰਿਹਾ ਹੈ ਤੇ ਰਾਸ਼ਨ ਵੀ ਵੰਡਿਆ ਜਾ ਰਿਹਾ ਹੈ। /(17 ਅਪ੍ਰੈਲ 2020)