ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਆਪਸੀ ਭਾਈਚਾਰਾ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਦੀਆਂ ਹਨ- ਸੰਸਦ ਮੈਂਬਰ ਮਨੀਸ਼ ਤਿਵਾੜੀ
ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਆਗਮਨ ਪੁਰਬ ਮੌਕੇ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ
ਗੜ੍ਹਸ਼ੰਕਰ, 5 ਫਰਵਰੀ, 2023 : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਭਾਈਚਾਰਾ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਸੰਸਦ ਮੈਂਬਰ ਤਿਵਾੜੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਪੁਰਬ 'ਤੇ ਮੱਥਾ ਟੇਕਣ ਲਈ ਸ਼੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇ ਸਨ।
ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਹੋਰ ਵੀ ਮਹੱਤਵ ਰੱਖਦੀਆਂ ਹਨ ਅਤੇ ਆਪਸੀ ਭਾਈਚਾਰਾ ਕਾਇਮ ਰੱਖ ਕੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਦੀਆਂ ਸੰਗਤਾਂ ਨੂੰ ਵਧਾਈ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਸਮਝਦੇ ਹਨ ਕਿ ਇਸ ਸ਼ੁਭ ਮੌਕੇ 'ਤੇ ਹਾਜ਼ਰੀ ਭਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸਮਾਜ ਦੀ ਤਰੱਕੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਵਿਚਾਰਾਂ 'ਤੇ ਚੱਲ ਕੇ ਹੀ ਸੰਭਵ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਐਡਵੋਕੇਟ ਪੰਕਜ ਕ੍ਰਿਪਾਲ, ਲਵ ਕੁਮਾਰ ਗੋਲਡੀ, ਪੰਜਾਬ ਯੂਥ ਕਾਂਗਰਸ ਦੇ ਬੁਲਾਰੇ ਪ੍ਰਣਵ ਕ੍ਰਿਪਾਲ, ਡਾ. ਕੇਵਲ ਸਿੰਘ ਪ੍ਰਧਾਨ ਪ੍ਰਬੰਧਕੀ ਕਮੇਟੀ, ਡਾ. ਕੁਲਵਰਨ ਸਿੰਘ ਚੇਅਰਮੈਨ, ਚੌਧਰੀ ਜੀਤ ਰਾਮ, ਮੱਖਣ ਸਿੰਘ, ਕਿਸ਼ਨ ਗੋਪਾਲ ਨਈਅਰ, ਰੋਹਿਤ ਕੁਮਾਰ ਵੀ ਮੌਜੂਦ ਰਹੇ।