ਪਰਾਲੀ ਨੂੰ ਖੇਤਾਂ 'ਚ ਹੀ ਮਿਲਾਕੇ ਕਣਕ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਆਦੇਸ਼
ਮਾਲੇਰਕੋਟਲਾ, 4 ਨਵੰਬਰ, 2023: ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਕੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਲੋੜੀਂਦੀਆਂ ਮਸ਼ੀਨਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਜ਼ਿਲ੍ਹੇ ਦੇ ਹੌਟ ਸਪੌਟ ਪਿੰਡ ਚੌਂਦਾ ਅਤੇ ਬਾਠਾਂ ਦਾ ਦੌਰਾ ਕਰਦਿਆਂ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ। ਉਨ੍ਹਾਂ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਸਖਤ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਜੀਰੋ ਸੰਵੇਦਨਸ਼ੀਲਤਾ ਦੀ ਨੀਤੀ ਅਪਣਾ ਕੇ ਜ਼ਿਲ੍ਹੇ ਨੂੰ ਅੱਗ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਦਾ ਸਾਥ ਦੇਣ । ਇਸ ਮੌਕੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜਿਹੜੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਸੀ ਉਹਨਾਂ ਦਾ ਮੌਕੇ ਉੱਪਰ ਪਹੁੰਚ ਕੇ ਚਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਮਾਲੇਰਕੋਟਲਾ/ਅਹਿਮਦਗੜ੍ਹ ਹਰਬੰਸ ਸਿੰਘ ,ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ , ਡੀ.ਐਸ.ਪੀ ਜਤਿਨ ਬਾਂਸਲ ਤੋਂ ਇਲਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸਹਿਕਾਰਤਾ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀਆਂ ਮੌਜੂਦ ਸਨ ।
ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਵੇਚਣ ਆਏ ਕਿਸਾਨਾਂ ਨਾਲ ਰਾਬਤਾ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਲੋੜ ਮੁਤਾਬਕ ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਕਣਕ ਦੀ ਬਿਜਾਈ ਲਈ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ ਦੀ ਰਾਇ ਮੁਤਾਬਿਕ ਕਣਕ ਦੀ ਬਿਜਾਈ ਲਈ ਨਵੰਬਰ ਦੇ ਆਖਰੀ ਹਫ਼ਤੇ ਤੱਕ ਢੁੱਕਵਾਂ ਸਮਾਂ ਹੈ, ਇਸ ਲਈ ਕਿਸਾਨ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੀ ਬਜਾਇ ਇਸ ਨੂੰ ਜਮੀਨ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਨ ਨੂੰ ਤਰਜੀਹ ਦੇਣ ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੀ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਸਰਫੇਸ ਸੀਡਰ ਅਤੇ ਹੋਰ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਾ ਦੀ ਵਰਤੋਂ ਅਤੇ ਫਾਇਦਿਆਂ ਸਬੰਧੀ ਅਵਗਤ ਕਰਵਾਇਆ ਜਾਵੇ । ਮਾਹਿਰਾਂ ਨੇ ਦੱਸਿਆ ਕਿ ਸਰਫੇਸ ਸੀਡਰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਲਚ ਕਰਦਾ ਹੈ। ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆ ਨੇ ਕਿਸਾਨਾਂ ਨੂੰ ਕਿਹਾ ਕਿ ਸਰਫੇਸ ਸੀਡਰ ਵਰਤਣ ਵਾਲੇ ਖੇਤਾਂ ਵਿੱਚ ਗਿੱਲ ਜਿਆਦਾ ਨਾ ਹੋਵੇ, ਇਸ ਨਾਲ ਬਿਜਾਈ ਕਰਨ ਤੋਂ ਪਹਿਲਾਂ ਬੀਜ ਨੂੰ ਉੱਲੀ ਤੇ ਕੀਟਾਂ ਦੇ ਹਮਲੇ ਤੋਂ ਬਚਾਉਣ ਲਈ ਸੋਧਿਆ ਜਾਵੇ ਤੇ ਬਿਜਾਈ ਉਪਰੰਤ ਪਹਿਲੇ ਪਾਣੀ ਮੌਕੇ ਯੂਰੀਆ ਦਾ ਛਿੱਟਾ ਦੇਕੇ ਪਾਣੀ ਲਗਾਇਆ ਜਾਵੇ।