ਪੀ.ਏ.ਯੂ. ਐਸ.ਸੀ/ਬੀ.ਸੀ. ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ 130ਵਾਂ ਜਨਮ ਦਿਵਸ ਮਨਾਇਆ ਗਿਆ
ਲੁਧਿਆਣਾ: ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀ ਭਵਨ ਵਿਖੇ ਪੀ.ਏ.ਯੂ. ਐਸ.ਸੀ/ਬੀ.ਸੀ. ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੋਵਿਡ-19 ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦਿਆਂ ਕੀਤਾ ਗਿਆ।
ਇਸ ਸਮਾਗਮ ਦੀ ਪ੍ਰਾਧਨਗੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਨੇ ਕੀਤੀ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਪ੍ਰੋਫੈਸਰ ਹਰਨੇਕ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਮਾਨਯੋਗ ਮੁੱਖ ਮੰਤਰੀ ਦੇ ਓ.ਐਸ.ਡੀ. ਕੈਪਟਨ ਸੰਦੀਪ ਸੰਧੂ ਦੇ ਪੀ.ਏ. ਸ਼੍ਰੀ ਜਸਬੀਰ ਸਿੰਘ ਪਮਾਲੀ ਹਾਜ਼ਰ ਹੋਏ।
ਇਸ ਮੌਕੇ ਸ਼੍ਰੀ ਗਿਆਨ ਚੰਦ ਨੇ ਪੰਜਾਬ ਸਰਕਾਰ ਵੱਲੋਂ ਸਥਾਪਿਤ ਐਸ.ਸੀ. ਕਮਿਸ਼ਨ ਦੀ ਅਹਿਮੀਅਤ ਬਾਰੇ ਜਾਣੂ ਕਰਾਇਆ ਅਤੇ ਸਮੂਹ ਵਿਭਾਗਾਂ ਵੱਲੋਂ ਦਲਿਤ ਸਮਾਜ ਦੇ ਲੋਕਾਂ ਨਾਲ ਹੁੰਦੀ ਅਣਗਿਣਤ ਬੇਇਨਸਾਫੀ ਬਾਰੇ ਚਾਨਣਾ ਪਾਇਆ। ਉਹਨਾਂ ਕਿਹਾ ਕਿ ਐਸ.ਸੀ. ਕਮਿਸ਼ਨ ਨੂੰ ਇਸ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਹੀ ਬਹੁਤ ਵੱਡੀ ਪ੍ਰਾਪਤੀ ਹੈ।
ਉਹਨਾਂ ਕਿਹਾ ਕਿ ਪ੍ਰਸੋਨਲ ਵਿਭਾਗ, ਪੰਜਾਬ ਵੱਲੋਂ ਜਾਰੀ ਪੱਤਰ ਮਿਤੀ 10.10.2014 ਦਾ ਮੁਲਾਜ਼ਮ ਮਾਰੂ ਫੈਸਲਾ ਵਾਪਸ ਕਰਾਉਣ ਲਈ ਕਮਿਸ਼ਲ ਵੱਲੋਂ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਅਤੇ ਜਲਦ ਹੀ ਐਸ.ਬੀ. ਸਮਾਜ ਵੱਲੋਂ ਦਬਾਅ ਬਣਾ ਕੇ ਇਸ ਪੱਤਰ ਨੂੰ ਵਾਪਸ ਕਰਵਾਇਆ ਜਾਵੇਗਾ।
ਪ੍ਰੋਫੈਸਰ ਹਰਨੇਕ ਸਿੰਘ ਨੇ ਬਾਬਾ ਸਾਹਿਬ ਦੀ ਜੀਵਨੀ ਤੇ ਚਾਨਣਾ ਪਾਇਆ ਅਤੇ ਕਿਹਾ ਕਿ ਉਹਨਾਂ ਦੇ ਪਦ ਚਿੰਨ੍ਹਾਂ ਤੇ ਚੱਲਣ ਦੀ ਅਜੋਕੇ ਸਮੇਂ ਵਿੱਚ ਬਹੁਤ ਜ਼ਿਆਦਾ ਲੋੜ ਹੈ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਆਪਣਾ ਸਮਾਜ ਹੋਰ ਨਿਘਾਰ ਵੱਲ ਤੁਰ ਪਵੇਗਾ। ਉਹਨਾਂ ਆਪਣੇ ਵੱਲੋਂ ਲਿਖੀ ਕਿਤਾਬ 'ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ-ਇੱਕ ਪ੍ਰਸਿੱਧ ਅਰਥਸ਼ਾਤਰੀ' ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵਿੱਚ ਬਾਬਾ ਸਾਹਿਬ ਦੇ ਜੀਵਨ ਦਾ ਹਰ ਪੱਖ ਛੋਹਣ ਦੀ ਕੋਸ਼ਿਸ਼ ਕੀਤੀ ਗਈ।
ਸ਼੍ਰੀ ਜਸਬੀਰ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਦਲਿਤ ਸਮਾਜ ਦੀ ਭਲਾਈ ਲਈ ਸ਼ੁਰੂ ਕੀਤੀਆਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ। ਉਹਨਾਂ ਵਿਸਵਾਸ਼ ਦੁਆਇਆ ਕਿ ਪੀ.ਏ.ਯੂ. ਵਿੱਚ ਪਿਛਲੇ ਲੰਮੇ ਸਮੇਂ ਤੋਂ ਦਿਹਾੜੀਦਾਰ ਅਤੇ ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪਾਲਿਸੀ ਬਣਾ ਕੇ ਜਲਦ ਹੀ ਪੱਕੇ ਕਰਵਾਇਆ ਜਾਵੇਗਾ।
ਪੀਏਯੂ ਐਸ.ਸੀ/ਬੀ.ਸੀ. ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸਰਬਜੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਪੀ.ਏ.ਯੂ. ਦੀ ਸਮੂਹ ਐਸ.ਸੀ/ਬੀ.ਸੀ. ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੱਡੀ ਗਿਣਤੀ ਵਿੱਚ ਜਥੇਬੰਦੀ ਨਾਲ ਜੁੜਨ ਤਾਂ ਜੋ ਆਪਾਂ ਆਪਣੇ ਮਿਸ਼ਨ ਨੂੰ ਕਾਮਯਾਬ ਕਰ ਸਕੀਏ।