ਪੁਲਿਸ ਨੇ ਬਿਨਾਂ ਮਾਸਕ ਵਾਲੇ 649 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ
ਨਵਾਂਸ਼ਹਿਰ:ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 649 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 90 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ ਕਿ ਪੁਲਿਸ ਵੱਲੋਂ ਸਖ਼ਤੀ ਦੇ ਨਾਲ-ਨਾਲ ਪਿੰਡਾਂ ਵਿਚ ਅਨਾਊਂਸਮੈਂਟਾਂ ਕਰਵਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਮਾਸਕ ਵੀ ਵੰਡੇ ਜਾ ਰਹੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।