ਡੇਂਗੂ ਅਤੇ ਮਲੇਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਬਹੁਤ ਜ਼ਰੂਰੀ-ਡਿਪਟੀ ਕਮਿਸ਼ਨਰ
ਫਿਰੋਜਪੁਰ ਵਾਸੀਆ ਨੂੰ ਡੇਂਗੂ, ਮਲੇਰੀਆ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ
ਫਿਰੋਜ਼ਪੁਰ, 4 ਨਵੰਬਰ, 2022: ਡੇਂਗੂ, ਮਲੇਰੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਓ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸਨਰ ਮੈਡਮ ਅੰਮ੍ਰਿਤ ਸਿੰਘ ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸਿਵਲ ਸਰਜਨ ਡਾ. ਰਾਜਿੰਦਰ ਪਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਡੇਂਗੂ ਅਤੇ ਮਲੇਰੀਆ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਵੱਖ—ਵੱਖ ਵਿਭਾਗਾ ਤੋਂ ਆਏ ਮੁਖੀਆਂ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨਿਆ ਬੁਖਾਰ ਦੀ ਰੋਕਥਾਮ ਅਤੇ ਬਚਾਓ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੇ ਹੁਕਮ ਜਾਰੀ ਕੀਤੇ ਗਏ। ਉਨ੍ਹਾਂ ਕਾਰਜ ਸਾਧਕ ਅਫਸਰ ਮਿਊਂਸੀਪਲ ਕਮੇਟੀ ਨੂੰ ਹਦਾਇਤ ਕੀਤੀ ਕਿ ਇਕ ਸ਼ਡਿਊਲ ਬਣਾ ਕੇ ਸਹਿਰ ਦੇ ਹਰ ਏਰੀਆ ਵਿੱਚ ਫੋਗਿੰਗ ਕਰਵਾਈ ਜਾਵੇ ਅਤੇ ਫੋਗਿੰਗ ਤੋ ਪਹਿਲਾ ਲੋਕਾਂ ਨੂੰ ਇਸ ਸਬੰਧ ਵਿੱਚ ਜਾਣਕਾਰੀ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਪੰਜਾਬ ਮਿਊਂਸੀਪਲ ਐਕਟ 1911 ਦੀ ਧਾਰਾ 211, 219 ਦਾ ਸ਼ਖਤੀ ਨਾਲ ਪਾਲਣ ਕਰਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਦਫਤਰ ਅਧੀਨ ਹਰ ਸੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਇਆ ਜਾਵੇ ਅਤੇ ਇਸ ਦੌਰਾਨ ਦਫਤਰ ਵਿੱਚ ਲੱਗੇ ਕੂਲਰਾਂ ਨੂੰ ਚੰਗੀ ਤਰ੍ਹਾਂ ਸਾਫ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਫਤਰੀ ਅਧਿਕਾਰੀ ਅਤੇ ਲੋਕਾਂ ਵੱਲੋਂ ਆਪਣੇ ਦਫਤਰਾਂ ਅਤੇ ਘਰਾਂ ਦੇ ਅੰਦਰ ਅਤੇ ਛੱਤਾਂ ਉੱਪਰ ਪਏ ਫਾਲਤੂ ਸਮਾਨ ਦਾ ਨਿਪਟਾਰਾ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਵਿੱਚ ਬਾਰਿਸ਼ ਦਾ ਪਾਣੀ ਇੱਕਠਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਕੂਲਰਾਂ, ਪਾਣੀ ਦੀਆਂ ਟੈਂਕੀਆ, ਹੋਦੀਆ, ਫਰਿਜਾਂ ਪਿੱਛੇ ਲੱਗੀ ਫਾਲਤੂ ਪਾਣੀ ਦੀ ਟ੍ਰੇਆਂ ਨੂੰ ਹਫਤੇ ਵਿੱਚ 1 ਦਿਨ ਸਾਫ ਕੀਤਾ ਜਾਵੇ। ਜੇਕਰ ਕਿਸੇ ਘਰ ਜਾਂ ਦਫਤਰ ਵਿੱਚ ਇੱਕਠੇ ਹੋਏ ਪਾਣੀ ਵਿੱਚ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਘਰ ਜਾਂ ਦਫਤਰ ਦੇ ਮੁੱਖੀ ਦਾ ਪੰਜਾਬ ਮਿਊਂਸੀਪਲ ਐਕਟ ਤਹਿਤ ਚਾਲਾਨ ਕੀਤਾ ਜਾ ਸਕਦਾ ਹੈ।
ਸਿਵਲ ਸਰਜਨ ਡਾ. ਰਾਜਿੰਦਰ ਪਾਲ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਯੁਵਰਾਜ ਨਾਰੰਗ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਡੇਂਗੂ ਮਲੇਰੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਓ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਸਾਲ 2021 ਵਿੱਚ ਡੇਂਗੂ ਦੇ 250 ਪੋਜੇਟਿਵ ਕੇਸ ਆਏ ਸੀ ਅਤੇ ਸਾਲ 2022 ਵਿੱਚ ਹੁਣ ਤੱਕ ਡੇਂਗੂ ਦੇ 182 ਕੇਸ ਪੋਜੇਟਿਵ ਆ ਚੁੱਕੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਮਰੀਜ਼ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨਿਆ ਬੁਖਾਰ ਦੇ ਲੱਛਣ ਹੁੰਦੇ ਤਾਂ ਉਹ ਤੁਰੰਤ ਆਪਣਾ ਟੈਸਟ ਅਤੇ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਮੁਫਤ ਕਰਵਾ ਸਕਦਾ ਹੈ। ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫਸਰ, ਕਾਰਜ ਸਾਧਕ ਅਫਸਰ, ਨਗਰ ਕੋਂਸਲ, ਪ੍ਰਧਾਨ ਆਈ.ਐਮ.ਏ ਸਮੇਤ ਵੱਖ—ਵੱਖ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।