ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਔਰਤਾਂ ਲਈ ਮੁਫ਼ਤ ਸਫਰ ਦੀ ਸਕੀਮ ਦੀ ਵਰਚੂਅਲ ਸਮਾਗਮ ਰਾਹੀਂ ਸ਼ੁਰੂਆਤ, 1.31 ਕਰੋੜ ਔਰਤਾਂ ਨੂੰ ਹੋਵੇਗਾ ਲਾਭ
ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਔਰਤਾਂ ਲਈ ਮੁਫ਼ਤ ਸਫਰ ਦੀ ਸਹੂਲਤ ਵਾਲੀ ਬੱਸ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ
ਕਿਹਾ, ਇਸ ਸਕੀਮ ਨਾਲ ਔਰਤਾਂ ਨੂੰ ਸਮਾਜਿਕ ਬਰਾਬਰੀ ਮਿਲੇਗੀ ਅਤੇ ਉਨਾਂ ਨੂੰ ਪੜਨ ਅਤੇ ਅੱਗੇ ਵੱਧਣ ਦੇ ਵੀ ਦੇ ਮੌਕੇ ਮਿਲਣਗੇ
ਫਿਰੋਜ਼ਪੁਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਰਚੂਅਲ ਸਮਾਗਮ ਰਾਹੀਂ ਰਾਜ ਦੀਆਂ ਵਸਨੀਕ ਔਰਤਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫਰ ਦੀ ਸਕੀਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵੱਖ-ਵੱਖ ਥਾਂਵਾਂ ਤੋਂ ਆਨਲਾਈਨ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਔਰਤਾਂ ਨੂੰ 50 ਫੀਸਦੀ ਕਿਰਾਏ ਵਿਚ ਛੋਟ ਦੇ ਵਾਅਦੇ ਦੇ ਮੁਕਾਬਲੇ 100 ਫੀਸਦੀ ਕਿਰਾਇਆ ਛੋਟ ਦੇ ਕੇ ਮਹਿਲਾ ਸ਼ਸਕਤੀਕਰਨ ਲਈ ਸਰਕਾਰ ਦੀ ਵਚਨਬੱਧਤਾ ਦਿਖਾਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਇਸ ਆਨ ਲਾਈਨ ਵਰਚੂਅਲ ਸਮਾਗਮ ਨਾਲ ਜੁੜੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਵੀ ਮੌਜੂਦ ਸਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਵਿਚੋਂ 85 ਫੀਸਦੀ ਪੂਰੇ ਕਰ ਦਿੱਤੇ ਗਏ ਹਨ ਅਤੇ ਇਹ ਹੁਣ ਤੱਕ ਦਾ ਰਿਕਾਰਡ ਹੈ ਜਦ ਕਿ ਚਾਲੂ ਸਾਲ ਦੌਰਾਨ ਬਾਕੀ ਵਾਅਦੇ ਵੀ ਪੂਰੇ ਕਰ ਦਿੱਤੇ ਜਾਣਗੇ। ਉਨਾਂ ਨੇ ਕਿਹਾ ਕਿ ਔਰਤਾਂ ਦੇ ਸ਼ਸਕਤੀਕਰਨ ਲਈ ਉਨਾਂ ਦੀ ਸਰਕਾਰ ਵੱਲੋਂ ਪਹਿਲਾਂ ਪੰਚਾਇਤੀ ਰਾਜ ਸੰਸਥਾਵਾਂ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ 50 ਫੀਸਦੀ ਦਾ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਹੁਣ ਸਰਕਾਰੀ ਨੌਕਰੀਆਂ ਵਿਚ ਵੀ 33 ਫੀਸਦੀ ਦਾ ਰਾਖਵਾਂਕਰਨ ਔਰਤਾਂ ਨੂੰ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ ਮੁਫ਼ਤ ਸਫਰ ਦੀ ਸਹੁਲਤ ਦਾ 1.31 ਕਰੋੜ ਔਰਤਾਂ ਨੂੰ ਲਾਭ ਹੋਵੇਗਾ। ਉਨਾਂ ਨੇ ਕਿਹਾ ਕਿ ਇਸ ਤੋਂ ਬਿਨਾਂ ਬੱਸਾਂ ਵਿਚ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬੱਸਾਂ ਵਿਚ ਜੀਪੀਐਸ ਸਿਸਟਮ ਲਗਾਏ ਗਏ ਹਨ ਅਤੇ ਨਿੱਜੀ ਬੱਸਾਂ ਵਿਚ ਵੀ 31 ਅਗਸਤ ਤੱਕ ਇਹ ਸਿਸਟਮ ਲਗਾਉਣ ਲਈ ਕਿਹਾ ਗਿਆ ਹੈ।
ਇਸ ਸਮਾਗਮ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਤੋਂ ਇਸ ਸਮਾਗਮ ਵਿਚ ਜੁੜੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਔਰਤਾਂ ਲਈ ਮੁਫ਼ਤ ਸਫਰ ਦੀ ਸਹੂਲਤ ਵਾਲੀ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਔਰਤਾਂ ਲਈ ਇਹ ਸਕੀਮ ਬਹੁਤ ਲਾਹੇਵੰਦ ਹੈ ਅਤੇ ਇਸ ਨਾਲ ਔਰਤਾਂ ਨੂੰ ਸਮਾਜਿਕ ਬਰਾਬਰੀ ਮਿਲੇਗੀ ਅਤੇ ਉਨਾਂ ਨੂੰ ਪੜਨ ਅਤੇ ਅੱਗੇ ਵੱਧਣ ਦੇ ਵੀ ਵਧੇਰੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਸੂਬੇ ਅੰਦਰ ਏਨੀਆਂ ਸਹੂਲਤਾਂ ਲੋਕਾਂ ਨੂੰ ਪ੍ਰਦਾਨ ਨਹੀਂ ਕੀਤੀਆਂ ਜਾਂਦੀਆਂ ਜਿੰਨੀਆਂ ਕਿ ਪੰਜਾਬ ਸਰਕਾਰ ਨੇ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੈਨਸ਼ਨ ਦੀ ਰਕਮ ਵਿੱਚ ਵਾਧਾ ਕਰਕੇ ਉਸ ਨੂੰ 1500/-ਰੁਪਏ ਕਰਨਾ, ਆਸ਼ੀਰਵਾਦ ਸਕੀਮ ਦੀ ਰਕਮ ਵਧਾ ਕੇ 51000/-ਰੁਪਏ ਕਰਨਾ, ਇਹ ਇਸ ਗੱਲ ਦਾ ਹਾਮੀ ਭਰਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਹਮੇਸ਼ਾਂ ਆਪਣੀ ਕਹਿਣੀ ਤੇ ਪੂਰੇ ਉਤਰੇ ਹਨ।