ਮੁੱਖ ਮੰਤਰੀ ਦੀ ਫੀਲਡ ਅਫ਼ਸਰ ਵਲੋਂ ਸਿਵਲ ਹਸਪਤਾਲ ਲੁਧਿਆਣਾ ਦੀ ਅਚਨਚੇਤ ਚੈਕਿੰਗ
- ਸਬੰਧਤ ਅਧਿਕਾਰੀਆਂ ਨੂੰ ਸੁਝਾਅ ਅਤੇ ਲੋੜੀਂਦੀਆਂ ਹਦਾਇਤਾਂ ਵੀ ਕੀਤੀਆਂ ਜਾਰੀ
ਪੰਜਾਬ ਸਰਕਾਰ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ, ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਡਾ. ਪੂਨਮਪ੍ਰੀਤ ਕੌਰ
ਲੁਧਿਆਣਾ, 14 ਦਸੰਬਰ, 2022: ਮੁੱਖ ਮੰਤਰੀ ਦੇ ਫੀਲਡ ਅਫ਼ਸਰ ਡਾ. ਪੂਨਮਪ੍ਰੀਤ ਕੌਰ ਵਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਅਚਨਚੇਤ ਨਿਰੀਖਣ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਸੁਝਾਅ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਡਾ. ਪੂਨਮਪ੍ਰੀਤ ਕੌਰ ਵਲੋਂ ਹਸਪਤਾਲ 'ਚ ਵੱਖ-ਵੱਖ ਵਿਭਾਗਾਂ ਦੀ ਡੁੰਘਾਈ ਨਾਲ ਜਾਂਚ ਕੀਤੀ ਜਿਨ੍ਹਾਂ ਵਿੱਚ ਐਮਰਜੈਂਸੀ, ਓ.ਪੀ.ਡੀ., ਨਸ਼ਾ ਛੁਡਾਊ ਕੇਂਦਰ, ਬਲੱਡ ਬੈਂਕ, ਵੈਂਟੀਲੇਟਰ ਦੀ ਸਥਿਤੀ, ਜੱਚਾ ਬੱਚਾ ਕੇਂਦਰ, ਮਰੀਜ਼ਾਂ ਦੇ ਸਾਰੇ ਵਾਰਡ ਆਦਿ ਸ਼ਾਮਲ ਹਨ। ਉਨ੍ਹਾਂ ਮਰੀਜ਼ਾਂ ਨਾਲ ਵੀ ਰਾਬਤਾ ਕੀਤਾ ਤਾਂ ਜੋ ਲੋੜੀਂਦੇ ਸੁਧਾਰਾਂ ਨੂੰ ਸੁਚੱਜੇ ਢੰਗ ਨਾਲ ਅਮਲੀ ਜਾਮਾ ਪਹਿਨਾਇਆ ਜਾ ਸਕੇ। ਉਨ੍ਹਾਂ ਮਰੀਜ਼ਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਵੀ ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਪਾਰਕਿੰਗ, ਸਿਕਿਉਰਿਟੀ ਦੀ ਸਮੀਖਿਆ ਦੇ ਨਾਲ-ਨਾਲ ਪਖਾਨਿਆਂ 'ਤੇ ਲਟਕੇ ਤਾਲਿਆਂ ਸਬੰਧੀ ਜਦੋਂ ਸਟਾਫ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਸੀਵਰ ਜਾਮ ਦੀ ਸਮੱਸਿਆ ਬਾਰੇ ਦੱਸਿਆ। ਡਾ. ਪੂਨਮਪ੍ਰੀਤ ਕੌਰ ਵਲੋਂ ਫੌਰੀ ਤੌਰ 'ਤੇ ਕਾਰਵਾਈ ਕਰਦਿਆਂ ਸਬੰਧਤ ਐਸ.ਡੀ.ਓ. ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜਲਦ ਇਸਦਾ ਢੁੱਕਵਾਂ ਹੱਲ ਕੱਢਦਿਆਂ ਪਖਾਨਿਆਂ ਨੂੰ ਚਾਲੂ ਕੀਤਾ ਜਾਵੇ।
ਸਿਵਲ ਹਸਪਤਾਲ ਦੇ ਡਾਕਟਰਾਂ ਅਤੇ ਅਧਿਕਾਰੀਆਂ ਵਲੋਂ ਵੀ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਡਾ. ਪੂਨਮਪ੍ਰੀਤ ਕੌਰ ਨੂੰ ਆਪਣੀਆਂ ਵੱਖ-ਵੱਖ ਸਮੱਸਿਆਵਾਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਭਰੋਸਾ ਦੁਆਇਆ ਕਿ ਜਲਦ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਹਸਪਤਾਲ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਅਤੇ ਹੋਰਨਾਂ ਕਮੀਆਂ-ਪੇਸ਼ੀਆਂ ਨੂੰ ਵੀ ਦੂਰ ਕੀਤਾ ਜਾਵੇਗਾ ਜਿਸ ਨਾਲ ਸਿਹਤ ਸਹੂਲਤਾਂ ਵਿੱਚ ਵੱਡੇ ਸੁਧਾਰ ਹੋਣ ਨਾਲ ਆਮ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਐਸ.ਐਮ.ਓ. ਨੂੰ ਗੈਪ ਵਿਸ਼ਲੇਸ਼ਣ ਰਿਪੋਰਟ ਤਿਆਰ ਕਰਨ ਲਈ ਵੀ ਕਿਹਾ।
ਡਾ. ਪੂਨਮਪ੍ਰੀਤ ਕੌਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਵੱਡੇ ਪੱਧਰ 'ਤੇ ਸੁਧਾਰ ਲਿਆਉਣ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਕਾਰਵਾਈ ਆਰੰਭ ਦਿੱਤੀ ਗਈ ਹੈ ਜਿਸ ਦੇ ਨਤੀਜੇ ਆਉਂਦੇ ਸਮੇਂ ਵਿੱਚ ਪ੍ਰਤੱਖ ਦਿਖਾਈ ਦੇਣਗੇ।
ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਡਾ. ਪੂਨਮਪ੍ਰੀਤ ਕੌਰ ਨੇ ਅੱਗੇ ਦੱਸਿਆ ਕਿ ਲੋਕਾਂ ਨੂੰ ਪ੍ਰਭਾਵਸ਼ਾਲੀ, ਤੁਰੰਤ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ, ਪੀ.ਜੀ.ਆਰ.ਐਸ. ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਰਾਹੀਂ ਵੱਖ-ਵੱਖ ਵਿਭਾਗਾਂ ਕੋਲ ਆਮ ਲੋਕਾਂ ਵੱਲੋਂ ਦਾਇਰ ਕੀਤੀਆਂ ਦਰਖਾਸਤਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਬਕਾਇਆ ਅਰਜ਼ੀਆਂ ਦੀ ਕਲੀਅਰਿੰਗ ਵਿੱਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਸਬੰਧੀ ਜ਼ਿਲ੍ਹਾ ਪੱਧਰ ਅਤੇ ਸਾਰੀਆਂ ਸਬ-ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੀ ਭਵਿੱਖ ਵਿੱਚ ਵੀ ਅਜਿਹੀ ਅਚਨਚੇਤ ਚੈਕਿੰਗ ਜਾਰੀ ਰਹੇਗੀ।